ਡਿਪਟੀ ਕਮਿਸ਼ਨਰ ਪਟਿਆਲਾ ਨੇ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ News Patiala

  •  ਸਰਕਾਰੀ ਕਰਮਚਾਰੀ, ਪੰਚਾਇਤੀ ਜ਼ਮੀਨਾਂ, ਪੰਚ-ਸਰਪੰਚ ਤੇ ਨੰਬਰਦਾਰ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਾਲੀ ਨੂੰ ਅੱਗ ਨਾ ਲਾਕੇ ਦੂਸਰਿਆਂ ਲਈ ਮਿਸਾਲ ਬਣਨ
  • ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਟੀਮਾਂ ਦੀਆਂ ਜ਼ਿੰਮੇਵਾਰੀਆਂ ਤੈਅ
  • ਛੋਟੇ ਤੇ ਸੀਮਾਂਤ ਕਿਸਾਨਾਂ ਤੋਂ ਸਭਾਵਾਂ ਤੇ ਕਸਟਮ ਹਾਇਰਿੰਗ ਸੈਂਟਰ ਖੇਤੀ ਸੰਦਾਂ ਲਈ ਕੋਈ ਕਿਰਾਇਆ ਨਹੀਂ ਵਸੂਲਣਗੇ
  • ਪਰਾਲੀ ਦੇ ਨਿਪਟਾਰੇ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ : ਸੰਦੀਪ ਹੰਸ

AVvXsEiatm FAA 9F KZARlkn 4TgAS WiGHzCtPFFg0MiuRXA9vrH350IjQB9NiKtlTZvq6T15Tqn25KKF0NzA35CnbkogWM9yGbQ3zXJCwDe 2UvDmnKBd8jtLZswXzDmNbm3 4pWUd1SRLyHhdsqOUZL9YdYbJrnHsV0SCMgOSkOvpNwjNCScVW22gS4WPw=s320 -

ਪਟਿਆਲਾ, 8 ਅਕਤੂਬਰ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਜਿਥੇ ਇਸ ਨੂੰ ਲੋਕ ਲਹਿਰ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਉਥੇ ਨਾਲ ਹੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਤੇ ਮਾਨਵੀ ਹਿੱਤ ‘ਚ ਪਰਾਲੀ ਦਾ ਨਿਪਟਾਰਾ ਬਿਨਾਂ ਅੱਗ ਲਾਇਆਂ ਕਰਨ। ਉਨ੍ਹਾਂ ਨੇ ਖਾਸ ਤੌਰ ‘ਤੇ ਸਰਕਾਰੀ ਕਰਮਚਾਰੀਆਂ, ਪੰਚਾਇਤੀ ਜ਼ਮੀਨਾਂ, ਪੰਚਾਂ ਸਰਪੰਚਾਂ ਤੇ ਨੰਬਰਦਾਰਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਪਰਾਲੀ ਨੂੰ ਅੱਗ ਨਾ ਲਾਕੇ ਦੂਸਰਿਆਂ ਲਈ ਮਿਸਾਲ ਬਣਨ ਲਈ ਵੀ ਆਖਿਆ।

ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪਰਾਲੀ ਦੇ ਸਹੀ ਨਿਪਟਾਰੇ ਲਈ ਕਿਸਾਨਾਂ ਨੂੰ ਪਿੰਡ ਪੱਧਰ ‘ਤੇ ਜਾਗਰੂਕ ਕੀਤਾ ਜਾਵੇ ਤੇ ਵਿਭਾਗਾਂ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਅਜਿਹਾ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਕਿ ਮਸ਼ੀਨਰੀ ਦੀ ਸੀਜ਼ਨ ਦੌਰਾਨ ਵੱਧ ਤੋਂ ਵੱਧ ਵਰਤੋਂ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਸਹਿਕਾਰੀ ਸਭਾਵਾਂ ਰਾਹੀਂ ਮਿਲਣ ਵਾਲੀ ਮਸ਼ੀਨਰੀ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੁਕਿੰਗ ਰਜਿਸਟਰ ਲਗਾਕੇ ਇਹ ਯਕੀਨੀ ਬਣਾਉਣ ਕਿ ਮਿੱਥੇ ਸਮੇਂ ‘ਤੇ ਬਿਨਾਂ ਕਿਸੇ ਵਾਧੂ ਖਰਚੇ ਦੇ ਕਿਸਾਨ ਨੂੰ ਮਸ਼ੀਨਰੀ ਉਪਲਬਧ ਕਰਵਾਈ ਜਾ ਸਕੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਉਤਸ਼ਾਹ ਤੇ ਜੋਸ਼ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਕੋਵਿਡ ਦੇ ਇਸ ਦੌਰ ‘ਚ ਲੋਕਾਂ ਨੂੰ ਸਾਹ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਕੋਲ ਮੌਜੂਦ ਖੇਤੀ ਸੰਦ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਬਿਨਾਂ ਕਿਸੇ ਕਿਰਾਏ ਦੇ (ਟਰੈਕਟਰ ਨੂੰ ਛੱਡਕੇ) ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਵੀ ਕਿਹਾ।

ਸ੍ਰੀ ਸੰਦੀਪ ਹੰਸ ਨੇ ਐਸ.ਡੀ.ਐਮਜ਼ ਦੀ ਅਗਵਾਈ ‘ਚ ਬਣੀਆਂ ਟੀਮਾਂ ਨੂੰ ਪਿੰਡਾਂ ‘ਚ ਜਾਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਵਾਢੀ ਕਰ ਰਹੀਆਂ ਕੰਬਾਇਨਾਂ ‘ਤੇ ਸੁਪਰ ਐਸ.ਐਮ.ਐਸ ਦੀ ਜਾਂਚ ਕਰਨ ਲਈ ਵੀ ਕਿਹਾ ਤਾਂ ਜੋ ਜ਼ਿਲ੍ਹੇ ‘ਚ ਬਿਨਾਂ ਐਸ.ਐਮ.ਐਸ. ਦੇ ਕੰਬਾਇਨਾਂ ਦੇ ਚੱਲਣ ਨੂੰ ਸਖਤੀ ਨਾਲ ਰੋਕਿਆ ਜਾ ਸਕੇ। ਉਨ੍ਹਾਂ ਜਾਗਰੂਕਤਾ ਲਈ ਐਨ.ਜੀ.ਓਜ਼, ਕੈਂਪਾਂ ਦੌਰਾਨ ਅਗਾਂਹਵਧੂ ਕਿਸਾਨਾਂ ਦੇ ਲੈਕਚਰ, ਕੰਧ ਚਿੱਤਰ ਸਮੇਤ ਪ੍ਰਚਾਰ ਵੈਨਾਂ ਨੂੰ ਚਲਾਉਣ ਦੀ ਹਦਾਇਤਾਂ ਕਰਦਿਆ ਕਿਹਾ ਕਿ ਸਕੂਲਾਂ ‘ਚ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਹੋਰ ਸੁਚੇਤ ਕਰਨ ਲਈ ਲੇਖ ਲਿੱਖਣ ਮੁਕਾਬਲੇ, ਸਲੋਗਨ ਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ ਤਾਂ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਸਮਾਜ ਦੇ ਹਰੇਕ ਵਰਗ ਨੂੰ ਸੁਚੇਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਜ਼ਿਲ੍ਹੇ ‘ਚ ਚੱਲ ਰਹੀਆਂ ਗਊਸ਼ਾਲਾਵਾਂ ਵਿੱਚ ਪਰਾਲੀ ਦੀ ਪਸ਼ੂਆਂ ਦੇ ਚਾਰੇ ਵਜੋਂ ਢੁਕਵੇਂ ਤਰੀਕੇ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ‘ਤੇ ਕੰਮ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਖੇਤ ਵਿੱਚ ਹੀ ਪਰਾਲੀ ਜ਼ਜ਼ਬ ਕਰਨ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਆਖਿਆ।

ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ‘ਚ 52 ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ ਤੇ 180 ਕੈਂਪ ਪਿੰਡ ਪੱਧਰ, 8 ਬਲਾਕ ਪੱਧਰ ਤੇ 1 ਜ਼ਿਲ੍ਹਾ ਪੱਧਰ ਅਕਤੂਬਰ ਮਹੀਨੇ ‘ਚ ਹੋਰ ਲਗਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ 850 ਕੰਧ ਚਿੱਤਰ ਵੀ ਬਣਾਏ ਜਾ ਰਹੇ ਹਨ।

ਮੀਟਿੰਗ ‘ਚ ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ. ਸਰਬੇਸ਼ਵਰ ਸਿੰਘ ਮੋਹੀ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *