ਪਟਿਆਲਾ, 25 ਅਕਤੂਬਰ 2021 – ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ਼-ਸੁਥਰਾ ਜਲ ਉਪਲਬਧ ਕਰਵਾਉਣ ਤੇ ਹਰ ਘਰ ‘ਚ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ‘ਤੇ ਨੋਟੀਫਾਈ ਕੀਤੀ ਗਈ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸਨ ਕਮੇਟੀ ਦੀ ਪਲੇਠੀ ਮੀਟਿੰਗ, ਅੱਜ ਇੱਥੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ, ਜ਼ਿਨ੍ਹਾਂ ‘ਚ ਸਾਂਝੇ ਪਖਾਨਿਆਂ ਦੀ ਉਸਾਰੀ, ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟ ਆਦਿ ਸ਼ਾਮਲ ਹਨ, ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਮੇਟੀ ਵਲੋਂ ਜ਼ਿਲ੍ਹੇ ‘ਚ ਮੌਜੂਦਾ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਜਲ ਸਪਲਾਈ ਵਿਭਾਗ ਵਲੋਂ ਉਸਾਰੀਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ, ਜਿਨ੍ਹਾਂ ‘ਚ ਵਿਸ਼ੇਸ਼ ਤੌਰ ‘ਤੇ ਰਾਜਪੁਰਾ ਅਧੀਨ ਉਸਾਰੀ ਅਧੀਨ ਚੱਲ ਰਹੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਸਮੇਤ ਸੈਨੀਟੇਸ਼ਨ ਦੇ ਖੇਤਰ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਸਵੱਛ ਭਾਰਤ ਗ੍ਰਾਮੀਣ, 15ਵਾਂ ਵਿੱਤ ਕਮਿਸ਼ਨ, ਪਿੰਡਾਂ ਵਿੱਚ ਉਸਾਰੇ ਜਾ ਰਹੇ ਸਾਂਝੇ ਪਖਾਨੇ, ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਮੇਟੀ ਮੈਂਬਰਾਂ ਨੂੰ ਸੌਂਪੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਸਮੇਤ ਜ਼ਿਲ੍ਹਾ ਜਲ ਅਫ਼ਸਰ ਅਤੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਚਲ ਰਹੇ ਪ੍ਰਾਜੈਕਟਾਂ ਨੂੰ ਰੋਜ਼ਾਨਾ ਅਧਾਰ ‘ਤੇ ਮੋਨੀਟਰ ਕੀਤਾ ਜਾਵੇ ਤੇ ਇਨ੍ਹਾਂ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਵਾਇਆ ਜਾਵੇ। ਇਸ ਤੋਂ ਇਲਾਵਾ ਸਾਰੇ ਸਕੂਲਾਂ ਤੇ ਆਂਗਣਵਾੜੀਆਂ ਵਿੱਚ ਪਾਣੀ ਅਤੇ ਸੈਨੀਟੇਸ਼ਨ ਦੀ ਸਹੂਲਤ ਯਕੀਨੀ ਬਣਾਈ ਜਾਵੇ। ਨਾਲ ਹੀ ਭਾਰਤ ਸਰਕਾਰ ਵੱਲੋਂ ਪਿੰਡਾਂ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਸਵੱਛ ਸਰਵੇਖਣ 2021 ਵਿੱਚ ਸਮੂਹ ਵਿਭਾਗਾਂ, ਪੰਚਾਇਤਾਂ ਅਤੇ ਪਿੰਡ ਵਾਸੀਆਂ ਦਾ ਸੰਪੂਰਨ ਸਹਿਯੋਗ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਸਮੇਤ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਪ੍ਰਭਲੀਨ ਸਿੰਘ ਧੰਜੂ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਬਾਕੀ ਕਾਰਜਕਾਰੀ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਤੇਜਿੰਦਰ ਸਿੰਘ ਮੁਲਤਾਨੀ, ਡਿਪਟੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਰੂਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ, ਸਮੂਹ ਬੀ.ਡੀ.ਪੀ.ਓ., ਜ਼ਿਲ੍ਹਾ ਸਿਹਤ ਅਫ਼ਸਰ, ਡੀ.ਈ.ਓ. ਐਲੀਮੈਂਟਰੀ ਅਮਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਖਵਿੰਦਰ ਖੋਸਲਾ ਆਦਿ ਬਤੌਰ ਕਮੇਟੀ ਮੈਂਬਰ ਮੌਜੂਦ ਸਨ।
ਜ਼ਿਲ੍ਹਾ ਸੈਟੀਟੇਸ਼ਨ ਅਫ਼ਸਰ ਤੇ ਜ਼ਿਲ੍ਹਾ ਜਲ ਅਫ਼ਸਰ ਇੰਜ. ਪ੍ਰਭਲੀਨ ਸਿੰਘ ਧੰਜੂ ਨੇ ਕਨਵੀਨਰ ਵਜੋਂ ਇਸ ਜ਼ਿਲ੍ਹਾ ਪੱਧਰੀ ਕਮੇਟੀ ਦੇ ਗਠਨ ਦੇ ਉਦੇਸ਼ ਸਬੰਧੀ ਜਾਣੂ ਕਰਵਾਉਂਦੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਸਹੂਲਤਾਂ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਫੰਡਾਂ ਨਾਲ ਚਾਲੂ ਵਿਕਾਸ ਕਾਰਜਾਂ ਦੀ ਮੋਨੀਟਰਿੰਗ ਕਰਨ ਤੇ ਇਨ੍ਹਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਇਹ ਕਮੇਟੀ ਗਠਿਤ ਕੀਤੀ ਗਈ ਹੈ।