ਪਟਿਆਲਾ : ਬਿਜਲੀ ਮੁਲਾਜ਼ਮਾਂ ਵੱਲੋਂ ਸੂਬੇ ਭਰ ’ਚ ਕੀਤੇ ਜਾ ਰਹੇ ਸੰਘਰਸ਼ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਚੌਥੇ ਗੇੜ ਦੀ ਗੱਲਬਾਤ ਹੋਈ। ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਸੀਐੱਮਡੀ ਏ ਵੇਣੂ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਦੀ ਮੀਟਿੰਗ ਕੀਤੀ।
Pspcl Meeting |
ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾਈ ਕਨਵੀਨਰ ਹਰਭਜਨ ਸਿੰਘ ਪਿਲਖਣੀ ਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਲਟਕ ਰਹੇ ਮਸਲੇ ਨੂੰ ਹੱਲ ਕਰ ਕੇ ਮੀਟਿੰਗ ’ਚ ਪੰਜਾਬ ਸਰਕਾਰ ਨੇ ਬਿਜਲੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ’ਤੇ 1 ਜਨਵਰੀ 2011 ਤੋਂ ਪੇ-ਬੈਂਡ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਬਿਜਲੀ ਮੁਲਾਜ਼ਮਾਂ ਨੂੰ 242 ਕਰੋੜ ਰੁਪਏ ਦਾ ਲਾਭ ਹੋਵੇਗਾ। ਜਥੇਬੰਦੀਆਂ ਨੇ ਦੱਸਿਆ ਕਿ ਭਾਵੇਂ ਅਜੇ ਪੇ-ਬੈਂਡ ਦਾ ਫ਼ੈਸਲਾ 1.86 ਦੇ ਗੁਣਾਂਕ ਅਨੁਸਾਰ ਨਹੀਂ ਹੋਇਆ ਪ੍ਰੰਤੂ ਇਸ ਜਾਰੀ ਕੀਤੇ ਪੇ-ਬੈਂਡ ਅਨੁਸਾਰ 1 ਜਨਵਰੀ 2016 ਤੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨਾਲ ਮੁਲਾਜ਼ਮ ਦੀ ਤਨਖ਼ਾਹ ’ਚ ਵਾਧਾ ਹੋਵੇਗਾ।