ਸੇਵਾ ਕੇਂਦਰ ਲੋਕਾਂ ਨੂੰ ਸਹੂਲਤ ਦੇਣ ਲਈ ਵਚਨਬੱਧ
ਏ.ਡੀ.ਸੀ. ਨੇ ਅਧਿਕਾਰੀਆਂ ਨੂੰ ਸੇਵਾ ਕੇਂਦਰਾਂ ਵਿੱਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਨਵਾਂਸ਼ਹਿਰ, 18 ਅਪ੍ਰੈਲ 2022 – ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰ ਵਿੱਚ ਬਕਾਇਆ ਪਈਆਂ ਸਾਰੀਆਂ ਫਾਈਲਾਂ ਦਾ ਸਮਾਂ ਬੱਧ ਨਿਪਟਾਰਾ ਕੀਤਾ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਆਪਣੇ ਪ੍ਰਸ਼ਾਸਨਿਕ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਪ੍ਰਦਾਨ ਕਰਕੇ, ਉਨ੍ਹਾਂ ਨੂੰ ਸਹੂਲਤ ਦਿੱਤੀ ਜਾਵੇ। ਵਧੀਕ ਡੀ ਸੀ ਨੇ ਕਿਹਾ ਕਿ ਅਰਜ਼ੀਆਂ ਦਾ ਜਲਦ ਨਿਪਟਾਰਾ ਪੰਜਾਬ ਸਰਕਾਰ ਦੀ ਲੋਕਾਂ ਨੂੰ ਇੱਕ ਛੱਤ ਹੇਠ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਮੂਲ ਭਾਵਨਾ ਦੇ ਅਨੁਕੂਲ ਹੋਵੇਗਾ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਵਿੱਚ 0.12 ਫੀਸਦੀ ਅਰਜ਼ੀਆਂ ਪੈਂਡਿੰਗ ਹਨ ਅਤੇ ਪੰਜਾਬ ਵਿੱਚ ਅਰਜ਼ੀਆਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਦੂਜੇ ਨੰਬਰ ‘ਤੇ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕਾਂ ਨੂੰ ਕੰਮ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਲੋਕਾਂ ਨੂੰ ਸਹੂਲਤ ਦੇਣ ਲਈ ਵਚਨਬੱਧ ਹਨ ਅਤੇ ਸੇਵਾਵਾਂ ਦੇਣ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ, ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।