Three-member cabinet committee formation to register employee on contract

 ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

newspatiala -

– ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

– ਕੈਬਨਿਟ ਕਮੇਟੀ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਨਵੇਂ ਖਰੜਾ ਬਿੱਲ ਦੇ ਕਾਨੂੰਨੀ ਪਹਿਲੂਆਂ ਨੂੰ ਘੋਖੇਗੀ

ਚੰਡੀਗੜ੍ਹ, 30 ਜੂਨ 2022 – ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੰਨ ਮੈਂਬਰੀ ਕੈਬਨਿਟ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਇਸ ਸਬੰਧ ਵਿਚ ਨਵੇਂ ਬਿੱਲ ਨੂੰ ਪਾਸ ਕਰਨ ਲਈ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰੇਗੀ। ਇਹ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਜੋਤ ਸਿੰਘ ਬੈਂਸ ‘ਤੇ ਅਧਾਰਿਤ ਹੈ।

ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਠੇਕੇ ਦੇ ਆਧਾਰ ਉਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ, ਐਡਹਾਕ, ਡੇਲੀਵੇਜਿਜ, ਵਰਕਚਾਰਜ ਅਤੇ ਆਰਜ਼ੀ ਆਧਾਰ ਉਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪ੍ਰਤੀ ਪੂਰੀ ਸੰਜੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਾਲ 2016 ਵਿਚ ਬਣਾਇਆ ਗਿਆ ਕਾਨੂੰਨ ਅਦਾਲਤੀ ਪ੍ਰਕਿਰਿਆ ਅਧੀਨ ਹੈ ਅਤੇ ਸਾਲ 2021 ਵਿਚ ਲਿਆਂਦੇ ਇਕ ਹੋਰ ਬਿੱਲ ਨੂੰ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਦੀ ਉਡੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ ਜਿਸ ਲਈ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਤਲਾਸ਼ੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਤਿਆਰੀ ਵਿੱਢ ਦਿੱਤੀ ਹੈ ਅਤੇ ਕੈਬਨਿਟ ਨੇ ਅੱਜ ਮੀਟਿੰਗ ਵਿੱਚ ਇਸ ਬਾਰੇ ਨਵੇਂ ਬਿੱਲ ਦੇ ਖਰੜੇ ਨੂੰ ਸਹਿਮਤੀ ਦੇ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਵਿਚਾਰ-ਵਟਾਂਦਰਾ ਕਰ ਕੇ ਇਸ ਖਰੜੇ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਘੋਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਪਰਉਪਕਾਰੀ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਇਸ ਲਈ ਨਵੇਂ ਬਿੱਲ ਦੇ ਖਰੜੇ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੇ ਕਾਨੂੰਨੀ ਅੜਿੱਕੇ ਦੂਰ ਕੀਤੇ ਜਾਣਗੇ ਤਾਂ ਕਿ ਇਸ ਦਾ ਪਿਛਲੇ ਬਿੱਲਾਂ ਵਰਗਾ ਹਸ਼ਰ ਨਾ ਹੋਵੇ।

Leave a Reply

Your email address will not be published. Required fields are marked *