ਭਗਵੰਤ ਮਾਨ ਸਰਕਾਰ ਵੱਲੋਂ ਠੇਕੇ ‘ਤੇ ਰੱਖੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ
– ਦੀਵਾਲੀ ਦਾ ਤੋਹਫ਼ਾ ਦੇਣ ਲਈ ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ
– ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਰਾਸ਼ਟਰ ਨਿਰਮਾਣ ਲਈ ਜੋਸ਼ ਤੇ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ, 7 ਅਕਤੂਬਰ 2022 – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ।
ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ‘ਤੇ ਸਿਰਫ਼ ਲਾਰਾ ਲੱਪਾ ਹੀ ਲਾਇਆ ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕੀਤਾ। ਵਫ਼ਦ ਨੇ ਕਿਹਾ ਕਿ ਉਹ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਸੌਂਪਦਿਆਂ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਨ। ਇੱਥੋਂ ਤੱਕ ਕਿ ਇਨ੍ਹਾਂ ‘ਚੋਂ ਕੁਝ ਅਧਿਆਪਕ ਪਿਛਲੇ 14 ਸਾਲਾਂ ਤੋਂ ਆਪਣੀ ਡਿਊਟੀ ਨਿਭਾ ਰਹੇ ਹਨ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਕਾਬਲ ਬਣਾਉਣ ਲਈ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਸੇਵਾਵਾਂ ਸਿਰਫ ਅਧਿਆਪਨ ਕਾਰਜਾਂ ਲਈ ਹੀ ਲੈਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਦੱਸਿਆ ਕਿ ਉਨ੍ਹਾਂ ਅਧਿਆਪਕ ਦਿਵਸ ਦੇ ਮੌਕੇ ਲਗਪਗ 9,000 ਕੱਚੇ ਮੁਲਾਜ਼ਮਾਂ ਦੀ ਨਿਯੁਕਤੀ ਸਬੰਧੀ ਲਏ ਫ਼ੈਸਲੇ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਇਕ ਖੁਸ਼ਖਬਰੀ ਸਾਂਝੀ ਕਰਦੇ ਹੋਏ ਅਧਿਆਪਕ ਦਿਵਸ ‘ਤੇ ਅਧਿਆਪਕਾਂ ਦੀ ਨਿਯੁਕਤੀ ਦਾ ਫ਼ੈਸਲਾ ਕੀਤਾ, ਉਸ ਨੂੰ ਬੂਰ ਪੈ ਗਿਆ ਹੈ, ਲਗਪਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ, ਵਾਅਦੇ ਮੁਤਾਬਕ 36,000 ਨੂੰ ਪੱਕਾ ਕਰਾਂਗੇ…ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ। ਇਸ ਦਾ ਮਤਲਬ ਹੈ ਕਿ ਪੰਜਾਬ ‘ਚ ਨਵੀਂ ਪਾਲਿਸੀ ਲਾਗੂ ਹੋ ਗਈ ਹੈ।