DC commended the work of the Executive Officer of Rajpura and Samana |
News Patiala : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸਰਕਾਰੀ ਪਾਣੀ ਕੁਨੈਕਸ਼ਨ ਦੇ ਲਾਭ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਜਾਂਚ ਕਰਵਾਉਣ ਲਈ ਵੀ ਉਤਸ਼ਾਹਿਤ ਕਰਨ ਤਾਂ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਵੀ ਮੌਜੂਦ ਸਨ।
ਨਗਰ ਕੌਂਸਲਾਂ ਦੇ ਕੰਮ ਦੀ ਸਮੀਖਿਆ ਲਈ ਸੱਦੀ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਕਿ ਜੋ ਪਾਣੀ ਸਰਕਾਰੀ ਕੁਨੈਕਸ਼ਨ ਨਾਲ ਆਉਂਦਾ ਹੈ, ਉਸ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਂਦੀ ਹੈ ਤੇ ਸਰੀਰ ਲਈ ਜਿਹੜੇ ਤੱਤ ਹਾਨੀਕਾਰਕ ਹਨ ਉਨਾਂ ਨੂੰ ਫਿਲਟਰ ਕੀਤਾ ਜਾਂਦਾ ਹੈ ਜਦਕਿ ਘਰ ਲੱਗੀ ਸਬਮਰਸੀਬਲ ਮੋਟਰ ਦਾ ਪਾਣੀ ਬਿਨਾਂ ਕਿਸੇ ਜਾਂਚ ਦੇ ਵਰਤੋਂ ਵਿੱਚ ਲਿਆ ਜਾਂਦਾ ਹੈ, ਜਿਸ ਦਾ ਟੀਡੀਐਸ ਕਾਫ਼ੀ ਜ਼ਿਆਦਾ ਹੁੰਦਾ ਹੈ, ਜੋ ਸਿਹਤ ਲਈ ਹਾਨੀਕਾਰਕ ਹੈ।
ਮੀਟਿੰਗ ਦੌਰਾਨ ਉਨ੍ਹਾਂ ਕਾਰਜਸਾਧਕ ਅਫ਼ਸਰ ਦੇ ਨਾਲ ਪ੍ਰਰਾਪਰਟੀ ਟੈਕਸ, ਬਿਲਡਿੰਗ ਪਲਾਨ, ਹੜ੍ਹ ਰੋਕੂ ਪ੍ਰਬੰਧ, ਡੇਂਗੂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸੋਲਿਡ ਵੇਸਟ ਮੈਨੇਜਮੈਂਟ ਸਮੇਤ ਅਣ ਅਧਿਕਾਰਤ ਕਾਲੋਨੀਆਂ ‘ਤੇ ਚਰਚਾ ਕਰਦਿਆ ਕਿਹਾ ਕਿ ਹਰੇਕ ਕੰਮਾਂ ਨੂੰ ਲਈ ਪਲਾਨ ਤਿਆਰ ਕਰਕੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨਾਂ੍ਹ ਨਗਰ ਕੌਂਸਲ ਰਾਜਪੁਰਾ ਤੇ ਸਮਾਣਾ ਦੇ ਕਾਰਜਸਾਧਕ ਅਫ਼ਸਰਾਂ ਵੱਲੋਂ ਦਿਖਾਈ ਚੰਗੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆ ਕਿਹਾ ਕਿ ਇਨਾਂ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ ਅਤੇ ਹਰੇਕ ਮਹੀਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਾਰਜਸਾਧਕ ਅਫ਼ਸਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਨਾਂ੍ਹ ਨਹਿਰੀ ਪਾਣੀ ਪੋ੍ਜੈਕਟ ਦੀ ਸਮੀਖਿਆ ਕਰਦਿਆ ਕਿਹਾ ਕਿ ਅਲੱਗ ਅਲੱਗ ਖੇਤਰਾਂ ‘ਚ ਪਾਣੀ ਪਹੁੰਚਾਉਣ ਲਈ ਪਾਈ ਜਾ ਰਹੀ ਪਾਈਪ ਲਾਈਨ ਸਬੰਧੀ ਏਰੀਏ ਦੇ ਲੋਕਾਂ ਨੂੰ ਇਸ ਸਬੰਧੀ ਪਹਿਲਾਂ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਕੰਮ ਦੀ ਅਹਿਮੀਅਤ ਅਤੇ ਲਾਭ ਸਬੰਧੀ ਜਾਣਕਾਰੀ ਹੋਵੇ ਤੇ ਉਹ ਇਸ ‘ਚ ਸਹਿਯੋਗ ਕਰਨ। ਉਨਾਂ ਕਿਹਾ ਕਿ ਹਰੇਕ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ੍ਹ ਨਵੇਂ ਬਣਾਏ ਜਾ ਰਹੇ ਬੱਸ ਅੱਡੇ ਦੇ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਮੇਂ ਸਿਰ ਇਸ ਪੋ੍ਜੈਕਟ ਨੂੰ ਪੂਰਾ ਕੀਤਾ ਜਾ ਸਕੇ।
ਮੀਟਿੰਗ ‘ਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨ ਜੋਤ ਕੌਰ, ਐਸ.ਡੀ.ਐਮ. ਪਟਿਆਲਾ ਇਸ਼ਮਿਤ ਵਿਜੈ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਸਮੇਤ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਵੀ ਮੌਜੂਦ ਸਨ।